ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 428 ਸ਼ਰਧਾਲੂਆਂ ਨੇ ਕੀਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ
ਕਰਤਾਰਪੁਰ ਸਾਹਿਬ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਪਾਕਿਸਤਾਨ ਸਥਿਤ ਇਤਿਹਾਸਕ ਗੁ. ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਗੁ. ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਡੇਰਾ ਬਾਬਾ ਨਾਨਕ ਰਾਹੀਂ 428 ਸ਼ਰਧਾਲੂ ਪਾਕਿਸਤਾਨ ਪੁੱਜੇ। ਜਿਨ੍ਹਾਂ ਨੇ ਉਥੇ ਇਸ ਇਤਿਹਾਸਕ ਗੁਰਦੁਆਰਾ ਸਾਹਿਬ ਜੀ ਦੇ ਦਰਸ਼ਨ-ਦੀਦਾਰੇ ਕੀਤੇ। ਇਸ ਦੌਰਾਨ ਦਰਸ਼ਨ ਕਰ ਕੇ ਵਾਪਸ ਪਰਤੇ ਸ਼ਰਧਾਲੂ ਮਹਿੰਦਰ ਸਿੰਘ, ਹਰਪ੍ਰੀਤ ਸਿੰਘ ਚੰਡੀਗੜ੍ਹ, ਗੁਰਮੀਤ ਸਿੰਘ, ਕੰਵਲਜੀਤ ਕੌਰ ਮਾਨਸਾ, ਗੁਰਸ਼ਰਨ ਸਿੰਘ, ਰਣਧੀਰ ਸਿੰਘ ਤੇ ਮਨਜੀਤ ਸਿੰਘ ਨੇ ਉਪਰੋਕਤ ਲਾਂਘੇ ਵਿਖੇ ਦੱਸਿਆ ਕਿ ਉਹ ਅੱਜ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ-ਦੀਦਾਰੇ ਕਰ ਕੇ ਬੜੀ ਖੁਸ਼ੀ ਮਹਿਸੂਸ ਕਰ ਰਹੇ ਹਨ।
ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਕਰਵਾਈ ਜਾਣ ਵਾਲੀ ਰਜਿਸਟ੍ਰੇਸ਼ਨ ਨੂੰ ਸੁਖਾਲਾ ਬਣਾਇਆ ਜਾਵੇ, 20 ਡਾਲਰ ਦੀ ਫੀਸ ਨੂੰ ਘੱਟ ਕੀਤਾ ਜਾਵੇ ਤੇ ਪਾਸਪੋਰਟ ਦੀ ਸ਼ਰਤ ਨੂੰ ਖ਼ਤਮ ਕੀਤਾ ਜਾਵੇ। ਇਸ ਮੌਕੇ ਲੈਂਡ ਪੋਰਟ ਅਥਾਰਟੀ ਵੱਲੋਂ ਪੂਰੇ ਟਰਮੀਨਲ ਨੂੰ ਬਹੁਤ ਸੁੰਦਰ ਫੁੱਲਾਂ ਨਾਲ ਸ਼ਿੰਗਾਰਿਆ ਹੋਇਆ ਸੀ, ਜੋ ਸ਼ਰਧਾਲੂਆਂ ਲਈ ਖਿੱਚ ਦਾ ਕੇਂਦਰ ਬਣੇ ਰਹੇ।