Visitor:  5483860 Date:  , Nankana Sahib Time :

ਸ਼੍ਰੋਮਣੀ ਕਮੇਟੀ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਮਾਮਲੇ ’ਚ ਪੰਥਕ ਨੁਮਾਇੰਦਿਆਂ ਦੀ ਇਕੱਤਰਤਾ

ਪ੍ਰਾਪਤ ਹੋਏ ਸੁਝਾਅ ਭਲਕੇ ਅੰਤ੍ਰਿੰਗ ਕਮੇਟੀ ਦੀ ਮੀਟਿੰਗ ’ਚ ਵਿਚਾਰ ਕੇ ਕੀਤੀ ਜਾਵੇਗੀ ਅਗਲੀ ਕਾਰਵਾਈ- ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਪੰਥਕ ਨੁਮਾਇੰਦਿਆਂ ਦੀ ਵਿਸ਼ੇਸ਼ ਇਕੱਤਰਤਾ ਕਰਕੇ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਪੱਤਰ ਸਬੰਧੀ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਇਕੱਤਰਤਾ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਬੀਤੇ ਸਮੇਂ ਬਣਾਈ ਗਈ ਕਮੇਟੀ ਦੇ ਮੈਂਬਰਾਂ ਅਤੇ ਵਿਸ਼ੇਸ਼ ਤੌਰ ’ਤੇ ਸੱਦੇ ਸਿੱਖ ਆਗੂਆਂ ਨੇ ਸ਼ਿਰਕਤ ਕੀਤੀ। ਇਕੱਤਰਤਾ ਮਗਰੋਂ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਪੱਤਰ ਸਬੰਧੀ ਪੰਥਕ ਨੁਮਾਇੰਦਿਆਂ ਨੇ ਆਪਣੇ ਸੁਝਾਅ ਦਿੱਤੇ ਹਨ ਜੋ ਭਲਕੇ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਵਿੱਚ ਪੇਸ਼ ਕੀਤੇ ਜਾਣਗੇ। ਅੰਤ੍ਰਿੰਗ ਕਮੇਟੀ ਦੇ ਫੈਸਲੇ ਅਨੁਸਾਰ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।

ਅੱਜ ਦੀ ਇਕੱਤਰਤਾ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਜਗਜੋਤ ਸਿੰਘ ਸੋਹੀ ਵੱਲੋਂ ਭਾਈ ਲਖਵਿੰਦਰ ਸਿੰਘ ਮੀਤ ਪ੍ਰਧਾਨ (ਆਨਲਾਈਨ), ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਪ੍ਰਸ਼ਾਸਕ ਸ. ਵਿਜੇ ਸਤਬੀਰ ਸਿੰਘ ਵੱਲੋਂ ਨੁਮਾਇੰਦੇ ਭਾਈ ਪਰਮਵੀਰ ਸਿੰਘ, ਦਿੱਲੀ ਦੇ ਸਿੱਖ ਆਗੂ ਸ. ਪਰਮਜੀਤ ਸਿੰਘ ਸਰਨਾ, ਸ. ਮਨਜੀਤ ਸਿੰਘ ਜੀਕੇ, ਨਿਹੰਗ ਮੁਖੀ ਬਾਬਾ ਨਿਹਾਲ ਸਿੰਘ ਵੱਲੋਂ ਬਾਬਾ ਹਰਪ੍ਰੀਤ ਸਿੰਘ, ਸ. ਜਸਵੰਤ ਸਿੰਘ ਪੁੜੈਣ ਅਤੇ ਵਿਸ਼ੇਸ਼ ਸੱਦੇ ਨੁਮਾਇੰਦਿਆਂ ਵਿਚ ਸ਼੍ਰੋਮਣੀ ਅਕਾਲੀ ਦਲ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ, ਸਾਬਕਾ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ ਅਤੇ ਦਿੱਲੀ ਕਮੇਟੀ ਦੇ ਆਗੂ ਸ. ਪਰਮਜੀਤ ਸਿੰਘ ਰਾਣਾ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਮੌਜੂਦ ਸਨ।