ਜਾਹੋ-ਜਲਾਲ ਨਾਲ ਮਨਾਈ ਗਈ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ੧੦੩ ਸਾਲਾ ਸ਼ਤਾਬਦੀ
ਨਨਕਾਣਾ ਸਾਹਿਬ : ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਨੂੰ ਕੁਕਰਮੀ ਮਹੰਤਾਂ ਤੋਂ ਅਜ਼ਾਦ ਕਰਵਾਉਣ ਲਈ ੧੦੩ ਸਾਲ ਪਹਿਲਾਂ ਵਾਪਰੇ ਸਾਕੇ ਦਾ ਸ਼ਹੀਦੀ ਦਿਹਾੜਾ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖਾਲਸਾਈ ਜਾਹੋ-ਜਲਾਲ ਨਾਲ ਗੁਰਦੁਆਰਾ ਸ੍ਰੀ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਮਨਾਇਆ ਗਿਆ।
ਸ਼ਹੀਦ ਗੰਜ ਵਾਲੇ ਅਸਥਾਨ ਤੇ ਵਿਸ਼ਾਲ ਦੀਵਾਨ ਸਜਾਏ ਗਏ ਗੁਰਮਤਿ ਸਮਾਗਮ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲ, ਸਹੀਦ ਭਾਈ ਦਲੀਪ ਸਿੰਘ, ਸ਼ਹੀਦ ਭਾਈ ਵਰਿਆਮ ਸਿੰਘ ਅਤੇ ਸਾਕਾ ਨਨਕਾਣਾ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ 'ਚ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਸਹੀਦੀ ਸਮਾਗਮ ਸਮੇਂ ਯੂ.ਕੇ, ਕਨੇਡਾ ਅਤੇ ਪਾਕਿਸਤਾਨ ਦੇ ਦੂਸਰੇ ਸ਼ਹਿਰਾਂ ਤੋਂ ਅੱਜ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ।
ਸਮਾਗਮ ਵਿੱਚ ਪਹੁੰਚੀਆਂ ਉਚੇਚੀਆਂ ਸੰਗਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸ੍ਰੀ ਨਨਕਾਣਾ ਸਾਹਿਬ ਸਾਕੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਸੰਗਤ ਨੂੰ ਆਪਣੇ ਇਤਿਹਾਸ ਦੀ ਸੇਧ ਵਿਚ ਜੀਵਨ ਜਿਊਣ ਲਈ ਪ੍ਰੇਰਿਆ।
ਨਨਕਾਣਾ ਸਾਹਿਬ ਵਿਖੇ ਹੋਏ ਸਮਾਗਮਾਂ ਵਿੱਚ ਪੰਜਾਬੀ ਸਿੱਖ ਸੰਗਤ ਅਤੇ ਪਾਕਿਸਤਾਨ ਰਹਿੰਦੇ ਸਿੱਖਾਂ ਤੋਂ ਇਲਾਵਾ ਸਥਾਨਕ ਭਾਈਚਾਰੇ ਨੇ ਵੀ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ । ਇਸ ਸਮਾਗਮ ਵਿੱਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦਿਆਂ ਤੋਂ ਇਲਾਵਾ ਪਾਕਿਸਤਾਨ ਸਰਕਾਰ ਅਤੇ ਮਹਿਕਮਾ ਔਕਾਫ਼ ਦੇ ਅਫਸਰ ਵੀ ਸ਼ਾਮਿਲ ਹੋਏ।