ਬੇਅਦਬੀ ਦੇ ਮਾਮਲੇ ਵਿਚ ਆਪ ਸਰਕਾਰ ਦੀ ਬੇਇਨਸਾਫ਼ੀ
ਚੰਡੀਗੜ੍ਹ: ਸਾਬਕਾ ਪੁਲਿਸ ਅਧਿਕਾਰੀ ਨੂੰ ਵਿਸ਼ੇਸ਼ ਜਾਂਚ ਟੀਮ ਵੱਲੋਂ ਪੁਲਿਸ ਹੈਡਕੁਆਰਟਰ ਚੰਡੀਗੜ੍ਹ ਬੁਲਾ ਕੇ ਪੁੱਛਗਿੱਛ ਕਰਨੀ ਅਤੇ ਫਿਰ ਪੁਲਿਸ ਅਧਿਕਾਰੀ ਵੱਲੋਂ ਜਥੇਦਾਰ ਅਕਾਲ ਤਖ਼ਤ ਸਾਹਿਬ ਨਾਲ ਮੁਲਾਕਾਤ ਕਰਨਾ, ਇਸ ਗੱਲ ਦਾ ਸੰਕੇਤ ਹੈ ਕਿ ਆਗਾਮੀ ਦਿਨਾਂ ਵਿਚ ਇਹ ਵੱਡਾ ਮੁੱਦਾ ਬਣ ਸਕਦਾ ਹੈ।
ਬੀਤੇ ਦਿਨੀਂ ਕਾਂਗਰਸ ਦੇ ਸੀਨੀਅਰ ਆਗੂਆਂ ਵਿਧਾਇਕ ਪਰਗਟ ਸਿੰਘ ਤੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਜਿਥੇ ਪ੍ਰੈੱਸ ਕਾਨਫਰੰਸ ਕਰ ਕੇ ਸਰਕਾਰ ਤੇ ਡੇਰਾ ਮੁਖੀ ਖ਼ਿਲਾਫ਼ ਅਦਾਲਤੀ ਕਾਰਵਾਈ ਸ਼ੁਰੂ ਕਰਨ ਲਈ ਪ੍ਰੋਸੀਕਿਊਸ਼ਨ ਮਨਜ਼ੂਰੀ ਨਾ ਦੇਣ ਦਾ ਦੋਸ਼ ਲਾਇਆ ਸੀ, ਉਥੇ ਸਾਬਕਾ ਪੁਲਿਸ ਅਧਿਕਾਰੀ ਰਣਬੀਰ ਸਿੰਘ ਖਟੜਾ ਨੂੰ ਵੀ ਤੰਗ ਪਰੇਸ਼ਾਨ ਕਰਨ ਦਾ ਦੋਸ਼ ਲਾਇਆ ਹੈ। ਕਾਂਗਰਸੀ ਆਗੂਆਂ ਦਾ ਦੋਸ਼ ਹੈ ਕਿ ਸਾਬਕਾ ਪੁਲਿਸ ਅਧਿਕਾਰੀ ਰਣਬੀਰ ਸਿੰਘ ਖਟੜਾ ਦੀ ਡੇਰਾ ਮੁਖੀ ਦੇ ਵਿਰੁਧ ਨਾ ਭੁਗਤਣ ਲਈ ਬਾਂਹ ਮਰੋੜੀ ਜਾ ਰਹੀ ਹੈ।
ਇਸੇ ਤਰ੍ਹਾਂ ਸੂਬੇ ਦੇ ਅੱਧਾ ਦਰਜਨ ਦੇ ਕਰੀਬ ਸਾਬਕਾ ਆਈਏਐੱਸ ਅਧਿਕਾਰੀਆਂ ਸਵਰਨ ਸਿੰਘ ਬੋਪਾਰਾਏ, ਡਾ. ਮਨਜੀਤ ਸਿੰਘ ਰੰਧਾਵਾ, ਜੀਪੀਐੱਸ ਸਾਹੀ, ਕੁਲਬੀਰ ਸਿੰਘ ਸਿੱਧੂ, ਜੀਕੇ ਸਿੰਘ ਅਤੇ ਹਰਕੇਸ਼ ਸਿੰਘ, ਸਾਬਕਾ ਡੀਜੀਪੀ ਜੀਐੱਸ ਪੰਧੇਰ, ਡਾ. ਐੱਚਐੱਮ ਸਿੰਘ, ਬ੍ਰਿਗੇਡੀਅਰ ਇੰਦਰ ਮੋਹਨ ਸਿੰਘ, ਬ੍ਰਿਗੇਡੀਅਰ ਹਰਵੰਤ ਸਿੰਘ, ਕਰਨਲ ਅਵਤਾਰ ਸਿੰਘ ਹੀਰਾ, ਬ੍ਰਿਗੇਡੀਅਰ ਜੀਜੇ ਸਿੰਘ, ਡਾ. ਐੱਚਐੱਸ ਸਿੱਧੂ ਸਮੇਤ ਕਈਆਂ ਨੇ ਵੀ ਸਰਕਾਰ ’ਤੇ ਸਾਬਕਾ ਪੁਲਿਸ ਅਧਿਕਾਰੀ ਨੂੰ ਤੰਗ ਪਰੇਸ਼ਾਨ ਕੀਤੇ ਜਾਣ ਦਾ ਦੋਸ਼ ਲਾਇਆ ਸੀ।