Visitor:  5513262 Date:  , Nankana Sahib Time :

ਕਪੂਰਥਲਾ ਦੇ ਸ਼ੇਖੂਪੁਰ ’ਚ ਸ਼ਾਰਟ ਸਰਕਟ ਹੋਣ ਨਾਲ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਦੁੱਖ ਦਾ ਪ੍ਰਗਟਾਵਾ: ਐਡਵੋਕੇਟ ਧਾਮੀ

ਅੰਮ੍ਰਿਤਸਰ :

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਕੱਲ੍ਹ ਜ਼ਿਲ੍ਹਾ ਕਪੂਰਥਲਾ ਅੰਦਰ ਸ਼ੇਖੂਪੁਰ ਦੇ ਗੁਰਦੁਆਰਾ ਸਿੰਘ ਸਭਾ ’ਚ ਬਿਜਲੀ ਦੇ ਸ਼ਾਰਟ ਸਰਕਟ ਨਾਲ ਅੱਗ ਲੱਗਣ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਦੁੱਖ ਪ੍ਰਗਟਾਇਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ ਸੇਵਾਦਾਰਾਂ ਦੀ ਮੌਜੂਦਗੀ ਤੋਂ ਬਗੈਰ ਬਿਜਲੀ ਉਪਕਰਨਾਂ ਨੂੰ ਚਾਲੂ ਰੱਖਣਾ ਪ੍ਰਬੰਧਕਾਂ ਦੀ ਵੱਡੀ ਅਣਗਹਿਲੀ ਹੈ। ਉਨ੍ਹਾਂ ਕਿਹਾ ਕਿ ਅਕਸਰ ਵੇਖਣ ਵਿਚ ਆਉਂਦਾ ਹੈ ਕਿ ਗੁਰੂ ਸਾਹਿਬ ਜੀ ਦੇ ਸੁਖਆਸਣ ਵਿਚ ਲਗਾਏ ਹੋਏ ਏਸੀ ਅਤੇ ਪੱਖੇ ਲਗਾਤਾਰ ਚੱਲਦੇ ਰਹਿੰਦੇ ਹਨ, ਜੋ ਅਜਿਹੀਆਂ ਘਟਨਾਵਾਂ ਦਾ ਕਾਰਨ ਬਣਦੇ ਹਨ।

ਐਡਵੋਕੇਟ ਧਾਮੀ ਨੇ ਗੁਰਦੁਆਰਾ ਕਮੇਟੀਆਂ ਅਤੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬ ਅੰਦਰ ਹਰ ਸਮੇਂ ਸੇਵਾਦਾਰਾਂ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ ਅਤੇ ਬਿਜਲੀ ਉਪਕਰਨਾਂ ਦੀ ਵਰਤੋਂ ਸੰਗਤ ਦੀ ਹਾਜ਼ਰੀ ਵਿਚ ਲੋੜ ਅਨੁਸਾਰ ਹੀ ਕੀਤੀ ਜਾਵੇ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਪ੍ਰਬੰਧਕਾਂ ਦਾ ਸਹਿਯੋਗ ਕਰਨ ਤਾਂ ਜੋ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

Recent Posts