Visitor:  5557430 Date:  , Nankana Sahib Time :

ਨਵੰਬਰ 1984 ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ: ਨਵੰਬਰ 1984 ’ਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਹੋਏ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ। ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਗਿਆਨੀ ਬਲਜੀਤ ਸਿੰਘ ਨੇ ਨਵੰਬਰ 1984 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸਿੱਖ ਕੌਮ ’ਤੇ ਹੋਏ ਇਸ ਹਮਲੇ ਨੂੰ ਮਨੁੱਖਤਾ ਮਾਰੂ ਕਰੂਰਕਾਰਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸਭ ਤੋਂ ਵੱਧ ਕੁਰਬਾਨੀਆਂ ਕਰਨ ਵਾਲੀ ਸਿੱਖ ਕੌਮ ਨੂੰ ਦੇਸ਼ ਅੰਦਰ ਹੀ ਹਮੇਸ਼ਾ ਬੇਗਾਨਗੀ ਦਾ ਅਹਿਸਾਸ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਨਵੰਬਰ 1984 ਦਾ ਦੁਖਾਂਤ ਅਤਿ ਦੁਖਦਾਈ ਸੀ, ਜਿਸ ਨੂੰ ਕੌਮ ਕਦੇ ਵੀ ਭੁਲਾ ਨਹੀਂ ਸਕਦੀ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦਿੱਲੀ ਸਮੇਤ ਦੇਸ਼ ਦੀਆਂ ਵੱਖ-ਵੱਖ ਥਾਵਾਂ ’ਤੇ ਨਵੰਬਰ 1984 ਵਿਚ ਸਮੇਂ ਦੀ ਕਾਂਗਰਸ ਹਕੂਮਤ ਦੀ ਸ਼ਹਿ ’ਤੇ ਸਿੱਖਾਂ ਦੇ ਕੀਤੇ ਕਤਲੇਆਮ ਦੇ ਜ਼ਖ਼ਮ 40 ਸਾਲ ਬੀਤ ਜਾਣ ਮਗਰੋਂ ਵੀ ਅੱਲ੍ਹੇ ਹਨ ਅਤੇ ਦੁੱਖ ਦੀ ਗੱਲ ਹੈ ਸਿੱਖ ਕੌਮ ਨੂੰ ਇਨਸਾਫ਼ ਨਹੀਂ ਮਿਲਿਆ। ਐਡਵੋਕੇਟ ਧਾਮੀ ਨੇ ਕਿਹਾ ਕਿ ਨਵੰਬਰ 1984 ’ਚ ਕਈ ਦਿਨ ਸਿੱਖਾਂ ’ਤੇ ਕਹਿਰ ਢਾਹਿਆ ਗਿਆ, ਜਿਸ ਨੇ ਦੁਨੀਆਂ ਦੇ ਹਰ ਸੰਵੇਦਨਸ਼ੀਲ ਮਨੁੱਖ ਨੂੰ ਧੁਰ ਅੰਦਰ ਤੱਕ ਹਿਲਾ ਕੇ ਰੱਖ ਦਿੱਤਾ। ਸਰਕਾਰ ਦੀ ਸ਼ਹਿ ’ਤੇ ਕੀਤਾ ਗਿਆ ਇਹ ਮਾਨਵਤਾ ਵਿਰੋਧੀ ਅਣਮਨੁੱਖੀ ਕਾਰਾ ਸੀ, ਜਿਸ ਤੋਂ ਕਾਂਗਰਸ ਕਦੇ ਵੀ ਬਰੀ ਨਹੀਂ ਹੋ ਸਕਦੀ।